1ਕਿਸੇ ਬਜ਼ੁਰਗ ਨਾਲ ਗੁੱਸੇ ਨਾਲ ਨਾ ਬੋਲੋ ਸਗੋਂ ਉਸ ਨਾਲ ਇੰਝ ਗੱਲ ਕਰੋ ਜਿਵੇਂ ਉਹ ਤੁਹਾਡਾ ਪਿਤਾ ਹੋਵੇ। ਛੋਟਿਆਂ ਨਾਲ ਭਰਾਵਾਂ ਦੀ ਤਰ੍ਹਾਂ ਵਰਤਾਉ ਕਰੋ।2ਵੱਡੀ ਉਮਰ ਦੀਆਂ ਔਰਤਾਂ ਨਾਲ ਮਾਵਾਂ ਵਰਗਾ ਵਿਹਾਰ ਕਰੋ। ਛੋਟੀਆਂ ਔਰਤਾਂ ਨਾਲ ਭੈਣਾਂ ਵਰਗਾ ਵਿਹਾਰ ਕਰੋ। ਹਮੇਸ਼ਾ ਉਨ੍ਹਾਂ ਨਾਲ ਪੂਰੀ ਸ਼ੁਧਤਾ ਨਾਲ ਵਿਹਾਰ ਕਰੋ।3ਕਲੀਸਿਯਾ ਨੂੰ ਉਨ੍ਹਾਂ ਵਿਧਵਾਵਾਂ ਦਾ ਖਿਆਲ ਰੱਖਣਾ ਚਾਹੀਦਾ ਹੈ ਜੋ ਸੱਚਮੁੱਚ ਇਕੱਲੀਆਂ ਹਨ।4ਪਰ ਜੇ ਕਿਸੇ ਵਿਧਵਾ ਦੇ ਬੱਚੇ ਹਨ ਜਾਂ ਪੋਤਰੇ-ਪੋਤਰੀਆਂ ਹਨ, ਤਾਂ ਜਿਹਡ਼ੀ ਗੱਲ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਸਿਖਣੀ ਚਾਹੀਦੀ ਹੈ ਉਹ ਇਹ ਹੈ; ਉਨ੍ਹਾਂ ਨੂੰ ਆਪਣੇ ਖੁਦ ਦੇ ਪਰਿਵਾਰ ਦੇ ਜੀਆਂ ਦਾ ਧਿਆਨ ਰਖਕੇ ਪਰਮੇਸ਼ੁਰ ਦੀ ਇੱਜ਼ਤ ਕਰਨੀ ਚਾਹੀਦੀ ਹੈ। ਜਦੋਂ ਉਹ ਇਵੇਂ ਕਰਨਗੀਆਂ, ਤਾਂ ਉਹ ਆਪਣੇ ਮਾਪਿਆਂ ਅਤੇ ਬਜ਼ੁਰਗਾਂ ਉੱਤੇ ਉਪਕਾਰ ਕਰ ਰਹੀਆਂ ਹੋਣਗੀਆਂ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ।5ਜੇਕਰ ਇੱਕ ਵਿਧਵਾ ਸੱਚਮੁੱਚ ਬਿਨਾ ਕਿਸੇ ਦੇ ਸਹਾਰਿਉਂ ਇਕੱਲੀ ਹੈ, ਤਾਂ ਉਹ ਆਸ ਰਖਦੀ ਹੈ ਕਿ ਪਰਮੇਸ਼ੁਰ ਇਕੱਲਾ ਉਸਦੀ ਸਹਾਇਤਾ ਕਰੇਗਾ। ਉਹ ਪਰਮੇਸ਼ੁਰ ਨੂੰ ਸਹਾਇਤਾ ਲਈ ਦਿਨ ਰਾਤ ਪ੍ਰਾਰਥਨਾ ਕਰਨੀ ਜਾਰੀ ਰਖਦੀ ਹੈ।6ਪਰ ਜਿਹਡ਼ੀ ਵਿਧਵਾ ਆਪਣੇ ਜੀਵਨ ਨੂੰ ਕੇਵਲ ਆਪਣੀ ਖੁਸ਼ੀ ਲਈ ਬਿਤਾਉਂਦੀ ਹੈ ਉਹ ਜਿਉਂਦੀ ਹੋਈ ਵੀ ਮੁਰਦਾ ਹੈ।7ਉਥੋਂ ਦੇ ਨਿਹਚਾਵਾਨਾਂ ਨੂੰ ਇਹ ਕਰਨ ਲਈ ਆਖੋ ਤਾਂ ਜੋ ਕੋਈ ਵੀ ਵਿਅਕਤੀ ਇਹ ਨਾ ਕਹਿ ਸਕੇ ਕਿ ਉਹ ਗਲਤ ਕੰਮ ਕਰ ਰਹੇ ਹਨ।8ਇੱਕ ਵਿਅਕਤੀ ਨੂੰ ਆਪਣੇ ਸਾਰੇ ਲੋਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਸਕਰ, ਉਸਨੂੰ ਆਪਣੇ ਪਰਿਵਾਰ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇ ਕੋਈ ਅਜਿਹਾ ਨਹੀਂ ਕਰਦਾ, ਤਾਂ ਉਹ ਸੱਚੇ ਵਿਸ਼ਵਾਸ ਨੂੰ ਨਹੀਂ ਮੰਨਦਾ। ਉਹ ਵਿਅਕਤੀ ਇੱਕ ਅਨਾਸਥਾਵਾਨ ਨਾਲੋਂ ਵੀ ਭੈਡ਼ਾ ਹੈ।9ਵਿਧਵਾਵਾਂ ਦੀ ਤੁਹਾਡੀ ਸੂਚੀ ਵਿੱਚ ਜੁਡ਼ਨ ਲਈ ਉਹ ਸਠਾਂ ਵਰ੍ਹਿਆਂ ਦੀ ਜਾਂ ਇਸਤੋਂ ਵਡੇਰੀ ਹੋਣੀ ਆਹੀਦੀ ਹਾਯ। ਉਹ ਆਪਣੇ ਪਤੀ ਦੀ ਵਫ਼ਾਦਾਰ ਰਹੀ ਹੋਣੀ ਚਾਹੀਦੀ ਹੈ।10ਉਹ ਅਜਿਹੀ ਔਰਤ ਵਜੋਂ ਜਾਣੀ ਜਾਂਦੀ ਹੋਣੀ ਚਾਹੀਦੀ ਹੈ ਜਿਸਨੇ ਚੰਗੇ ਕੰਮ ਕੀਤੇ ਹੋਣ। ਮੇਰਾ ਭਾਵ ਚੰਗਿਆਂ ਗੱਲਾਂ ਹਨ, ਜਿਵੇਂ ਆਪਣੇ ਬਚਿਆਂ ਦੀ ਪਰਵਰਿਸ਼ ਕਰਨੀ, ਆਪਣੇ ਘਰ ਆਏ ਓਪਰਿਆਂ ਦੀ ਮਹਿਮਾਨ-ਨਵਾਜ਼ੀ ਕਰਨੀ, ਪਰਮੇਸ਼ੁਰ ਦੇ ਲੋਕਾਂ ਦੇ ਪੈਰ ਧੋਣੇ, ਉਨ੍ਹਾਂ ਦੀ ਸਹਾਇਤਾ ਕਰਨੀ ਜਿਹਡ਼ੇ ਮੁਸੀਬਤਾਂ ਵਿੱਚ ਹਨ ਅਤੇ ਆਪਣੇ ਜੀਵਨ ਨੂੰ ਹਰ ਤਰ੍ਹਾਂ ਦੇ ਚੰਗੇ ਕੰਮ ਕਰਨ ਲਈ ਵਰਤਣਾ।11ਪਰ ਉਸ ਪਤ੍ਰ੍ਰੀ ਵਿੱਚ ਜਵਾਨ ਵਿਧਵਾਵਾਂ ਨੂੰ ਸ਼ਾਮਿਲ ਨਾ ਕਰੋ। ਜਦੋਂ ਉਹ ਆਪਣੇ ਆਪ ਨੂੰ ਮਸੀਹ ਦੇ ਨਮਿਤ੍ਤ ਅਰਪਣ ਕਰ ਦਿੰਦੀਆਂ ਹਨ, ਤਾਂ ਬਹੁਤ ਵਾਰੀ ਉਹ ਆਪਣੀਆਂ ਤਕਡ਼ੀਆਂ ਸ਼ਰੀਰਕ ਲੋਡ਼ਾਂ ਕਾਰਣ ਉਸ ਕੋਲੋਂ ਦੂਰ ਹੋ ਜਾਂਦੀਆਂ ਹਨ। ਤਾਂ ਫ਼ੇਰ ਉਹ ਦੁਬਾਰਾ ਸ਼ਾਦੀ ਕਰਨਾ ਚਾਹੁੰਦੀਆਂ ਹਨ।12ਇਸ ਵਾਸਤੇ ਉਨ੍ਹਾਂ ਦਾ ਨਿਰਣਾ ਹੋਵੇਗਾ। ਕਿਉਂਕਿ ਉਨ੍ਹਾਂ ਨੇ ਆਪਣਾ ਪਹਿਲਾ ਵਾਅਦਾ ਨਹੀਂ ਨਿਭਾਇਆ।13ਇਹ ਵੀ, ਕਿ ਇਹ ਵਿਧਵਾਵਾਂ ਜਲਦੀ ਹੀ ਇੱਕ ਘਰ ਤੋਂ ਦੂਜੇ ਘਰ ਜਾਕੇ ਆਪਣਾ ਸਮਾਂ ਨਸ਼ਟ ਕਰਨ ਦੀਆਂ ਆਦੀ ਹੋ ਜਾਂਦੀਆਂ ਹਨ। ਉਹ ਦੂਸਰਿਆਂ ਬਾਰੇ ਗੱਲਾਂ ਕਰਦੀਆਂ ਹਨ ਅਤੇ ਦੂਸਰਿਆਂ ਲੋਕਾਂ ਦੀਆਂ ਜ਼ਿੰਦਗੀਆਂ ਵਿੱਚ ਦਖਲ ਦੇਣਾ ਸ਼ੁਰੂ ਕਰ ਦਿੰਦੀਆਂ ਹਨ। ਉਹ ਅਜਿਹੀਆਂ ਗੱਲਾਂ ਆਖਦੀਆਂ ਹਨ ਜਿਹਡ਼ੀਆਂ ਉਨ੍ਹਾਂ ਨੂੰ ਨਹੀਂ ਆਖਣੀਆਂ ਚਾਹੀਦੀਆਂ।14ਇਸ ਲਈ ਮੈਂ ਚਾਹੁੰਨਾ ਕਿ ਜਵਾਨ ਵਿਧਵਾਵਾਂ ਫ਼ਿਰ ਤੋਂ ਵਿਆਹ ਕਰਵਾ ਲੈਣ ਅਤੇ ਬੱਚੇ ਨੂੰ ਜਨਮ ਦੇਣ ਅਤੇ ਆਪਣੇ ਘਰਾਂ ਦਾ ਧਿਆਨ ਰੱਖਣ। ਜੇ ਉਹ ਅਜਿਹਾ ਕਰਦੀਆਂ ਹਨ ਤਾਂ ਸਾਡੇ ਦੁਸ਼ਮਣ ਨੂੰ ਉਨ੍ਹਾਂ ਦੀ ਆਲੋਚਨਾ ਕਰਨ ਦਾ ਮੌਕਾ ਨਹੀਂ ਮਿਲੇਗਾ।15ਅਸਲ ਵਿੱਚ, ਕੁਝ ਜਵਾਨ ਵਿਧਵਾਵਾਂ ਪਹਿਲਾਂ ਹੀ ਸ਼ੈਤਾਨ ਦਾ ਅਨੁਸਰਣ ਕਰਨ ਲਈ ਮੁਡ਼ ਚੁੱਕੀਆਂ ਹਨ।16ਜੇ ਕਿਸੇ ਨਿਹਚਾਵਾਨ ਔਰਤ ਦੇ ਪਰਿਵਾਰ ਵਿੱਚ ਵਿਧਵਾਵਾਂ ਹਨ, ਤਾਂ ਉਸਨੂੰ ਖੁਦ ਉਨ੍ਹਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਕਲੀਸਿਯਾ ਨੂੰ ਉਨ੍ਹਾਂ ਦਾ ਧਿਆਨ ਰੱਖਣ ਦਾ ਬੋਝ ਨਹੀਂ ਉਠਾਉਣਾ ਚਾਹੀਦਾ। ਫ਼ੇਰ ਕਲੀਸਿਯਾ ਉਨ੍ਹਾਂ ਵਿਧਵਾਵਾਂ ਦਾ ਧਿਆਨ ਰਖ ਸਕੇਗੀ ਜਿਨ੍ਹਾਂ ਦਾ ਪਰਿਵਾਰ ਜਿਉਂਦਾ ਨਹੀਂ ਹੈ। 17ਜਿਹਡ਼ੇ ਬਜ਼ੁਰਗ ਕਲੀਸਿਯਾ ਦੀ ਅਗਵਾਈ ਚੰਗੇ ਢੰਗ ਨਾਲ ਕਰਦੇ ਹਨ ਉਹ ਮਹਾਨ ਇੱਜ਼ਤ ਪਾਉਣ ਦੇ ਯੋਗੀ ਹਨ। ਜਿਹਡ਼ੇ ਵਡੇਰੇ ਬੋਲ ਚਾਲ ਰਾਹੀਂ ਅਤੇ ਉਪਦੇਸ਼ ਰਾਹੀਂ ਕਾਰਜ ਕਰਦੇ ਹਨ ਅਜਿਹੇ ਵਿਅਕਤੀ ਹਨ ਜਿਹਡ਼ੇ ਮਹਾਨ ਇੱਜ਼ਤ ਦੇ ਯੋਗੀ ਹਨ।18ਕਿਉਂਕਿ ਪੋਥੀ ਆਖਦੀ ਹੈ, “ਉਸ ਬਲਦ ਦਾ ਮੂੰਹ ਨਾ ਬੰਨ੍ਹੋ ਜਿਹਡ਼ਾ ਗਾਹੁੰਦੇ ਥੱਲੇ ਉੱਤੇ ਕੰਮ ਕਰਦਾ “ ਅਤੇ ਪੋਥੀ ਇਹ ਵੀ ਆਖਦੀ ਹੈ, “ਮਜ਼ਦੂਰ ਆਪਣੀ ਮਜਦੂਰੀ ਦੇ ਯੋਗ ।” 19ਉਸ ਬੰਦੇ ਦੀ ਨਾ ਸੁਣੋ ਜਿਹਡ਼ਾ ਇੱਕ ਬਜ਼ੁਰਗ ਉੱਤੇ ਇਲਜ਼ਾਮ ਲਉਂਦਾ ਹੈ। ਤੁਹਾਨੂੰ ਉਸ ਬੰਦੇ ਨੂੰ ਸਿਰਫ਼ ਤਾਂ ਹੀ ਸੁਨਣਾ ਚਾਹੀਦਾ ਹੈ ਜੇਕਰ ਦੋ ਜਾਂ ਤਿੰਨ ਬੰਦੇ ਗਵਾਹੀ ਦੇਣ ਕਿ ਬਜ਼ੁਰਗ ਨੇ ਗਲਤ ਕੰਮ ਕੀਤਾ ਹੈ। 20ਪਾਪੀਆਂ ਨੂੰ ਆਖੋ ਕਿ ਉਹ ਗਲਤ ਕੰਮ ਕਰ ਰਹੇ ਹਨ। ਇਹ ਗੱਲ ਸਾਰੀ ਕਲੀਸਿਯਾ ਦੇ ਸਾਮ੍ਹਣੇ ਆਖੋ। ਇਸ ਤਰ੍ਹਾਂ ਹੋਰਾਂ ਨੂੰ ਵੀ ਚੇਤਾਵਨੀ ਮਿਲੇਗੀ।21ਮੈਂ ਤੁਹਾਨੂੰ ਪਰਮੇਸ਼ੁਰ, ਯਿਸੂ ਮਸੀਹ ਅਤੇ ਚੁਣੇ ਹੋਏ ਦੂਤਾਂ ਦੇ ਸਨਮੁਖ, ਇਹ ਗੱਲਾਂ ਕਰਨ ਦਾ ਹੁਕਮ ਦਿੰਦਾ ਹਾਂ। ਪਰ ਸੱਚ ਜਾਨਣ ਤੋਂ ਪਹਿਲਾਂ ਲੋਕਾਂ ਬਾਰੇ ਨਿਰਣਾ ਨਾ ਕਰੋ। ਅਤੇ ਇਨ੍ਹਾਂ ਗੱਲਾਂ ਬਾਰੇ ਹਰੇਕ ਨਾਲ ਇੱਕੋ ਜਿਹਾ ਸਲੂਕ ਕਰੋ।22ਕਿਸੇ ਵਿਅਕਤੀ ਨੂੰ ਬਜ਼ੁਰਗ ਬਨਾਉਣ ਤੋਂ ਪਹਿਲਾਂ ਧਿਆਨ ਨਾਲ ਸੋਚੋ। ਹੋਰਾਂ ਲੋਕਾਂ ਦੇ ਪਾਪਾਂ ਦੇ ਭਾਗੀ ਨਾ ਬਣੋ। ਆਪਣੇ ਆਪ ਨੂੰ ਸ਼ੁਧ ਰਖੋ।23ਤਿਮੋਥਿਉਸ, ਤੁਸੀਂ ਕੇਵਲ ਪਾਣੀ ਹੀ ਪੀਂਦੇ ਰਹੇ ਹੋ। ਇਹ ਗੱਲ ਛੱਡੋ ਰਤਾ ਕੁ ਮੈ ਪੀਓ। ਇਹ ਤੁਹਾਡੇ ਮਿਹਦੇ ਅਤੇ ਤੁਹਾਡੀ ਅਕਸਰ ਹੋਣ ਵਾਲੀ ਬਿਮਾਰੀ ਲਈ ਚੰਗੀ ਹੋਵੇਗੀ।24ਕੁਝ ਲੋਕਾਂ ਦੇ ਪਾਪ ਦੇਖਣੇ ਸੁਖਾਲੇ ਹਨ। ਉਨ੍ਹਾਂ ਦੇ ਪਾਪ ਦਰਸ਼ਾਉਂਦੇ ਹਨ ਕਿ ਉਨ੍ਹਾਂ ਦਾ ਅਸਲੀ ਨਿਰਣਾ ਹੋਣ ਤੋਂ ਪਹਿਲਾਂ ਹੀ ਉਹ ਦੋਸ਼ੀ ਹਨ। ਪਰ ਕੁਝ ਲੋਕਾਂ ਦੇ ਪਾਪ ਮਗਰੋਂ ਨਜ਼ਰ ਆਉਂਦੇ ਹਨ।25ਇਹੀ ਗੱਲ ਲੋਕਾਂ ਦੇ ਚੰਗੇ ਕੰਮਾਂ ਬਾਰੇ ਵੀ ਹੈ। ਲੋਕਾਂ ਦੇ ਚੰਗੇ ਕੰਮ ਕੀਤੇ ਛੇਤੀ ਦਿਖਾਈ ਦਿੰਦੇ ਹਨ। ਭਾਵੇਂ ਉਹ ਚੰਗੀਆਂ ਕਰਨੀਆਂ ਵੇਖਣੀਆਂ ਸੁਖਾਲੀਆਂ ਨਹੀਂ ਹਨ, ਉਹ ਲੁਕੀਆਂ ਵੀ ਨਹੀਂ ਰਹਿ ਸਕਦੀਆਂ।